in

ਰੋਮ : ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਰੋਮ ਦੀਆਂ ਗਲੀਆਂ ਵਿੱਚ ਗੂੰਜੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਆਕਾਲ ਦੇ ਜੈਕਾਰੇ’

ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਵਿੱਚ ਹਰ ਹਫ਼ਤੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰੰਬਧਕ ਕਮੇਟੀਆਂ ਵਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਇਟਲੀ ਦੀ ਰਾਜਧਾਨੀ ਰੋਮ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਲੋਂ ਅਤੇ ਲਾਸੀਓ ਸੂਬੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰੋਮ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪਿਆਸਾ ਵਿਤੋਰੀਓ (ਸੈਂਟਰ ਪਾਰਕ) ਵਿਖੇ ਗੁਰੂ ਮਰਿਆਦਾ ਅਨੁਸਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਕੇ ਕੀਰਤਨ ਦਰਬਾਰ ਸਜਾਇਆ ਗਿਆ।
ਉਪਰੰਤ ਬਾਅਦ ਦੁਪਹਿਰ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਤੇ ਸੰਗਤਾਂ ਵਲੋਂ ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ ਦੇ ਜੈਕਾਰਿਆ ਨਾਲ ਰੋਮ ਸ਼ਹਿਰ ਗੂੰਜਣ ਲਾਈ ਰੱਖਿਆ। ਨਗਰ ਕੀਰਤਨ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਮੁੜ ਵਾਪਸ ਆਰੰਭਤਾ ਵਾਲੇ ਅਸਥਾਨ ਤੇ ਪੁਹੰਚ ਕੇ ਸਮਾਪਤੀ ਕੀਤੀ ਗਈ। ਇਸ ਨਗਰ ਕੀਰਤਨ ਨੂੰ ਦੇਖਣ ਲਈ ਭਾਰਤੀ ਭਾਈਚਾਰੇ ਤੋਂ ਇਲਾਵਾ, ਵਿਦੇਸ਼ੀ ਮੂਲ ਤੇ ਇਟਾਲੀਅਨ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਗਤਕੇ ਵਾਲੇ ਸਿੰਘਾਂ ਤੇ ਬੱਚਿਆਂ ਵਲੋਂ ਗੱਤਕੇ ਦੇ ਜਾਹੋ ਜਲਾਲ ਦਿਖਾਏ ਗਏ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ।

ਲੰਬੇ ਸਮੇਂ ਲਈ ਪਰਮਿਟ ਅਪਡੇਟ ਕਰਨ ਦਾ ਸਮਾਂ 3 ਅਗਸਤ ਤੱਕ

ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ