ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦਾ ਅਹੁਦਾ ਛੱਡਿਆ
ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ ਅੱਜ ਐੱਸ. ਜੀ. ਪੀ. ਸੀ. ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਗਿਆਨ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਰਹਿ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਵਾਪਸ ਲੈ ਲਈਆਂ ਗਈਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ, ਅਤੇ ਉਹ ਪਿਛਲੇ ਪੰਜ ਸਾਲ ਤੋਂ ਕਾਰਜਕਾਰੀ ਜਥੇਦਾਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸੁਲਤਾਨ ਸਿੰਘ ਨੂੰ ਸ੍ਰੀ ਕੇਸਗੜ੍ਹ ਦਾ ਜਥੇਦਾਰ ਥਾਪਿਆ ਗਿਆ ਹੈ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ।
ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੀਆਂ ਸੇਵਾਵਾਂ ਜਥੇਦਾਰ ਦੇ ਤੌਰ ’ਤੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਰੱਖਣਗੇ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਰਘਬੀਰ ਸਿੰਘ ਨਿਭਾਉਣਗੇ, ਜੋ ਕਿ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ’ਤੇ ਵਾਧੂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੋ ਕਿ ਸੱਚਖੰਡ ਦੇ ਹੈੱਡ ਗ੍ਰੰਥੀ ਸਿੰਘ ਵੀ ਹਨ, ਉਹ ਨਿਭਾਉਣਗੇ ਅਤੇ ਉਨ੍ਹਾਂ ਨੂੰ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।