ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਪੰਜਾਬ ਸਰਕਾਰ ਦਾ ਵਫ਼ਦ ਸ਼੍ਰੋਮਣੀ ਕਮੇਟੀ ਨੂੰ ਮਿਲਿਆ। ਪੰਜਾਬ ਸਰਕਾਰ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਵਫ਼ਦ ਨਾਲ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਉਣ ਸਬੰਧੀ ਵਿਚਾਰ ਚਰਚਾ ਹੋਈ।
ਇਸ ਮੁਲਾਕਾਤ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਗੁਰਦੁਆਰਿਆਂ ਅੰਦਰਲੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾਣਗੇ ਅਤੇ ਬਾਹਰਲੇ ਸਮਾਗਮਾਂ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਰ ਵਿਖੇ ਮੱਥਾ ਟੇਕਿਆ ਅਤੇ ਪ੍ਰਕਿਰਮਾ ਵੀ ਕੀਤੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਸਨ। ਪੰਜਾਬ ਸਰਕਾਰ ਇਸ ਵਫ਼ਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ’ਤੇ ਰੋਜ਼ਮਰਾ ਦੇ ਆਧਾਰ ’ਤੇ ਜਾਇਜ਼ਾ ਲੈਣ ਦਾ ਕਾਰਜ ਸੌਂਪਿਆ ਹੋਇਆ ਹੈ।
ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ ਉੱਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।