ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀ ਭਾਈਚਾਰੇ ਦੀ ਵੱਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੀਤੇ ਦਿਨੀਂ ਘੱਲੂਘਾਰਾ ਦਿਵਸ ਤੇ ਸਾਕਾ ਨੀਲਾ ਤਾਰਾ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਸਾਹਿਬ ਆਰੰਭ ਕਰਵਾਏ ਗਏ ਸਨ ਅਤੇ ਜਿਨ੍ਹਾਂ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ। ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ। ਇਸ ਮੌਕੇ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਜਾਗੋ ਵਾਲੇ ਕਵੀਸ਼ਰੀ ਜਥੇ ਵਲੋਂ ਇਸ ਮਹਾਨ ਦਿਹਾੜੇ ਦੇ ਇਤਿਹਾਸ ਤੇ ਸਾਕੇ ਬਾਰੇ ਸੰਖੇਪ ਨਾਲ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।
ਗੁਰਦੁਆਰਾ ਗੋਬਿੰਦਸਰ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।