ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਰਾਜਧਾਨੀ ਰੋਮ ਦੇ ਅਧੀਨ ਪੈਂਦੇ ਸ਼ਹਿਰ ਵਿਲੈਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਭਾਵਨਾਵਾਂ ਅਤੇ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦਿੱਤੀਆਂ ਹਿਦਾਇਤਾਂ ਤਹਿਤ ਮਨਾਇਆ ਗਿਆ,ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 14 ਮਈ ਦਿਨ ਸ਼ੁਕਰਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਜਾਪ ਆਰੰਭ ਕੀਤੇ ਗਏ ਸਨ,ਅਤੇ ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਬੀਤੇ ਦਿਨ ਐਤਵਾਰ ਨੂੰ ਭੋਗ ਪਾਏ ਗਏ ਸਨ, ਇਸ ਦੇ ਨਾਲ ਹੀ ਵਿਸ਼ਵ ਭਰ ਵਿੱਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋ ਕੇ ਵਿਸ਼ਵ ਸ਼ਾਂਤੀ ਲਈ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿੱਚ ਅਰਦਾਸ ਵੀ ਕੀਤੀ ਗਈ, ਕਿ ਇਸ ਮਹਾਂਮਾਰੀ ਤੋਂ ਜਲਦੀ ਨਿਜਾਤ ਮਿਲ ਜਾਵੇ, ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਜਿਨ੍ਹਾਂ ਸੰਗਤਾਂ ਨੇ ਆਪਣੀਆਂ ਕਿਰਤ ਕਮਾਈਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਵਿੱਚ ਸੇਵਾਵਾਂ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕੀਤੇ, ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਇੱਕਤਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।