ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਆਪਣੇ ਆਖਰੀ ਸਾਹ ਲਏ। ਗਿਆਨੀ ਪੂਰਨ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗਵਾਲ ਨੇ ਆਖਿਆ ਹੈ ਕਿ ਗਿਆਨੀ ਪੂਰਨ ਸਿੰਘ ਸਿੱਖ ਪੰਥ ਦੀ ਉੱਘੀ ਧਾਰਮਿਕ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਗਿਆਨੀ ਪੂਰਨ ਸਿੰਘ ਨਮਿਤ ਸ਼ੋਕ ਇਕੱਤਰਤਾ ਕੀਤੀ ਗਈ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਭੇਟ ਕਰਦਿਆਂ ਅਰਦਾਸ ਕੀਤੀ।