ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕਾ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਬੀਤੇ 24 ਘੰਟੇ ਅੰਦਰ ਭਾਰਤ ‘ਚ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 62 ਹੋ ਗਈ ਹੈ।
ਸਿਹਤ ਚਿੰਤਾਵਾਂ ਦੇ ਮੱਦੇਨਜ਼ਰ ਭਾਰਤ ਨੇ 15 ਅਪ੍ਰੈਲ ਤਕ ਵਿਦੇਸ਼ੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਗ਼ੈਰ-ਡਿਪਲੋਮੈਟਿਕ ਸ਼੍ਰੇਣੀ ਵੀਜ਼ੇ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਓਸੀਆਈ ਕਾਰਡ ਧਾਰਕਾਂ ਦੀ ਵੀਜ਼ਾ ਮੁਕਤ ਯਾਤਰਾ ਦੀ ਸਹੂਲਤ ਅਗਲੇ ਇੱਕ ਮਹੀਨੇ ਤਕ ਮੁਅੱਤਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ‘ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਗੈਰ-ਜ਼ਰੂਰੀ ਯਾਤਰਾ ਮੁਲਤਵੀ ਕਰਨ ਦੀ ਸਲਾਹ ਦਿੱਤੀ ਹੈ। ਉੱਧਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਸੀਂ ਅਗਲੇ 30 ਦਿਨਾਂ ਲਈ ਯੂਰਪ ਤੋਂ ਸੰਯੁਕਤ ਰਾਜ ਅਮਰੀਕਾ ਦੀਆਂ ਸਾਰੀਆਂ ਯਾਤਰਾਵਾਂ ਨੂੰ ਮੁਲਤਵੀ ਕਰ ਰਹੇ ਹਾਂ। ਨਵੇਂ ਨਿਯਮ ਸ਼ੁੱਕਰਵਾਰ ਰਾਤ ਤੋਂ ਲਾਗੂ ਹੋਣਗੇ। ਅਮਰੀਕਾ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 1322 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 38 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 10 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।