ਰੋਮ (ਇਟਲੀ) (ਗੁਰਸ਼ਰਨ ਸਿੰਘ ਸੋਨੀ) – ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਜਿੱਥੇ ਪੂਰੀ ਇਟਲੀ ਵਿੱਚ ਵੱਖ ਵੱਖ ਗੁਰਦੁਆਰਿਆਂ ਵਿੱਚ ਨਗਰ ਕੀਰਤਨ ਸਮੂਹ ਨਾਨਕ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਸਜਾਏ ਜਾ ਰਹੇ ਹਨ, ਵਿਸ਼ਵ ਪੱਧਰ ‘ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਖ–ਵੱਖ ਦੇਸ਼ਾਂ ਵਿੱਚ ਵਸੀਆਂ ਸਿੱਖ ਸੰਗਤਾਂ ਲਗਾਤਾਰ ਆਪਣਾ ਯੋਗਦਾਨ ਪਾਉਂਦੀਆਂ ਆ ਰਹੀਆਂ ਹਨ। ਇਸੇ ਲੜੀ ਦੇ ਤਹਿਤ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਲਵੀਨੀਓ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ.
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਤੇ ਕੇਸਰੀ ਨਿਸ਼ਾਨ ਸਾਹਿਬ ਜੀ ਦੀ ਅਗਵਾਈ ਹੇਠ ਖ਼ਾਲਸਾਈ ਸ਼ਾਨੋ ਸ਼ੌਕਤ ਤੇ ਜਾਹੋ ਜਲਾਲ ਨਾਲ ਸਜਾਇਆ ਗਿਆ. ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਗਿਆ. ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਸਨ. ਰਸਤੇ ਵਿੱਚ ਜਗ੍ਹਾ ਜਗ੍ਹਾ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ. ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰੇ ਲਗਾਏ ਗਏ. ਗੁਰਦੁਆਰਾ ਸਾਹਿਬ ਤੋਂ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਲਵੀਨੀਓ ਰੇਲਵੇ ਸਟੇਸ਼ਨ ਦੀ ਪਾਰਕਿੰਗ ਪਿਆਸਾ ਵਿਖੇ ਪਹੁੰਚ ਕੇ ਸਟੇਜ ਕੇ ਪੜਾਅ ਕੀਤਾ ਗਿਆ.
ਉਪਰੰਤ ਸਤਨਾਮ ਸਿੰਘ ਸਰਹਾਲੀ, ਭਾਈ ਦਵਿੰਦਰਜੀਤ ਸਿੰਘ ਪੋਰਦੇਨੋਨੇ ਅਤੇ ਭਾਈ ਰਣਜੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ. ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਗਤਕਾ ਅਕੈਡਮੀ ਬਰੇਸ਼ੀਆ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ. ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਦਸਤਾਰ ਲਹਿਰ ਇਟਲੀ ਵਲੋਂ ਦਸਤਾਰ ਅਤੇ ਦੁਮਾਲਾ ਸਾਹਿਬ ਸਜਾਉਣ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਇਸ ਨਗਰ ਕੀਰਤਨ ਵਿੱਚ ਗੱਡੀ ਉਤੇ ਲੱਗੇ ਮੋਟਰ ਨਾਲ ਚੱਲਣ ਵਾਲਾ ਖੰਡਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ।
ਇਸ ਮੌਕੇ ਇਲਾਕੇ ਦੇ ਵੱਖ ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ. ਗੁਰਦੁਆਰਾ ਪ੍ਰਬੰਧਕ ਕਮੇਟੀ ਲਵੀਨੀਓ ਰੋਮ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰੰਬਧਕ ਕਮੇਟੀਆਂ, ਸੇਵਾਦਾਰਾਂ ਅਤੇ ਪੱਤਰਕਾਰਾ ਨੂੰ ਸਨਮਾਨਿਤ ਕੀਤਾ ਗਿਆ. ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਕੀਤੀ ਗਈ ਅਤੇ ਪ੍ਰੰਬਧਕਾਂ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ. ਦੱਸਣਯੋਗ ਹੈ ਕਿ ਇਟਲੀ ਵਿੱਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ ਵੱਖ ਇਲਾਕਿਆਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਕਈ ਇਲਾਕਿਆਂ ਵਿੱਚ ਨਗਰ ਕੀਰਤਨ ਸਜਾਏ ਜਾਣਗੇ।