ਲਵੀਨੀਓ (ਇਟਲੀ) 1 ਅਕਤੂਬਰ (ਸਾਬੀ ਚੀਨੀਆਂ) – ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਕੜ੍ਹੀ ਨੂੰ ਅੱਗੇ ਤੋਰਦੇ ਹੋਏ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਉ (ਇਟਲੀ) ਦੀਆਂ ਸੰਗਤਾਂ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪੁੱਜੀਆਂ ਹੋਈਆਂ ਗੁਰਸਿੱਖ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਪਹਿਲੀ ਪਾਤਿਸ਼ਾਹੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਆਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਨਗਰ ਕੀਰਤਨ ਨੇ ਕੋਈ 1:00 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਤੋਂ ਚਾਲੇ ਪਾਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ। ਸ਼ਹਿਰ ਦੀਆਂ ਗਲੀਆਂ ‘ਚੋਂ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਸਟੇਸ਼ਨ ਵਾਲੇ ਚੌਂਕ ਵਿਚ ਪੁੱਜਿਆ, ਜਿੱਥੇ ਸਜਾਏ ਖੁੱਲ੍ਹੇ ਪੰਡਾਲਾਂ ਵਿਚ ਛੋਟੇ ਛੋਟੇ ਬੱਚਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਗਿਆਨੀ ਦਲਬੀਰ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਜੋਗਾ ਸਿੰਘ, ਹਰਭਜਨ ਸਿੰਘ, ਭਾਈ ਪਰਮਜੀਤ ਸਿੰਘ ਅਤੇ ਇੰਡੀਆ ਤੋਂ ਉਚੇਚੇ ਤੌਰ ‘ਤੇ ਪੁੱਜੇ ਕਥਾ ਵਾਚਕ ਭਾਈ ਸੁਖਰਾਜ ਸਿੰਘ ਦੇ ਜਥਿਆਂ ਵੱਲੋਂ ਵੀ ਹਾਜਰੀਆਂ ਭਰਦੇ ਹੋਏ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸਰਵਣ ਕਰਵਾਇਆ ਗਿਆ। ਨੌਜਵਾਨਾਂ ਵੱਲੋਂ ਆਈਆ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਸਟਾਲ ਲਗਾ ਕੇ ਲੰਗਰ ਛਕਾਉਂਦਿਆਂ ਆਪਣੀਆਂ ਕਿਰਤ ਕਮਾਈਆਂ ਨੂੰ ਸਫਲ ਬਣਾਇਆ ਗਿਆ। ਸਥਾਨਕ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਵੀ ਕਰਨੀ ਬਣਦੀ ਹੈ, ਜਿਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇ ਕੇ ਨਗਰ ਕੀਰਤਨ ਨੂੰ ਸਫਲ ਬਣਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਪਾਉਣ ਵਾਲੇ ਸੇਵਾਦਾਰਾਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।